ਪੰਜਾਬੀ ਬਾਣੀ, ਅੰਮ੍ਰਿਤਸਰ, 27 ਦਸੰਬਰ 2025। Punjab News: ਪੰਜਾਬ ਸਰਕਾਰ ਨੇ ਅੰਮ੍ਰਿਤਸਰ ਵਿੱਚ ਤਾਇਨਾਤ ਐੱਸਐੱਸਪੀ ਵਿਜੀਲੈਂਸ ਲਖਬੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਸ਼ਹਿਰ ਦੇ ਪੌਸ਼ ਇਲਾਕੇ ਰਣਜੀਤ ਐਵੇਨਿਊ ਵਿੱਚ ਹੋ ਰਹੇ ਵਿਕਾਸ ਕਾਰਜਾਂ ਨਾਲ ਜੁੜੇ ਟੈਂਡਰਾਂ ਵਿੱਚ ਕਥਿਤ ਬੇਨਿਯਮੀਆਂ ਅਤੇ ਕਰੋੜਾਂ ਰੁਪਏ ਦੀ ਹੇਰਾਫੇਰੀ ਦੇ ਮਾਮਲੇ ਦੇ ਚਲਦੇ ਕੀਤੀ ਗਈ ਹੈ। ਸਰਕਾਰੀ ਸੂਤਰਾਂ ਅਨੁਸਾਰ ਇਹ ਮਾਮਲਾ ਕਾਫ਼ੀ ਗੰਭੀਰ ਮੰਨਿਆ ਜਾ ਰਿਹਾ ਹੈ, ਜਿਸ ਕਾਰਨ ਸਰਕਾਰ ਵੱਲੋਂ ਸਖ਼ਤ ਕਦਮ ਚੁੱਕਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ (Punjab) ਦੇ ਅੰਮ੍ਰਿਤਸਰ (Amritsar) ਦੇ ਰਣਜੀਤ ਐਵੇਨਿਊ ਖੇਤਰ ਵਿੱਚ ਹੋ ਰਹੇ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਲਈ ਜਾਰੀ ਕੀਤੇ ਗਏ ਟੈਂਡਰਾਂ ਵਿੱਚ ਨਿਯਮਾਂ ਦੀ ਉਲੰਘਣਾ ਕੀਤੀ ਗਈ। ਇਨ੍ਹਾਂ ਟੈਂਡਰਾਂ ਦੀ ਪ੍ਰਕਿਰਿਆ ਦੌਰਾਨ ਕੁਝ ਖ਼ਾਸ ਫਰਮਾਂ ਨੂੰ ਨਾਜਾਇਜ਼ ਲਾਭ ਪਹੁੰਚਾਉਣ ਅਤੇ ਸਰਕਾਰੀ ਖ਼ਜ਼ਾਨੇ ਨੂੰ ਵੱਡਾ ਨੁਕਸਾਨ ਹੋਣ ਦੇ ਦੋਸ਼ ਲਗਾਏ ਗਏ ਹਨ। ਸ਼ੁਰੂਆਤੀ ਜਾਂਚ ਵਿੱਚ ਕਰੋੜਾਂ ਰੁਪਏ ਦੀ ਹੇਰਾਫੇਰੀ ਦੇ ਸੰਕੇਤ ਮਿਲਣ ਤੋਂ ਬਾਅਦ ਮਾਮਲਾ ਉੱਚ ਪੱਧਰ ਤੱਕ ਪਹੁੰਚ ਗਿਆ।

ਤੁਰੰਤ ਜਾਂਚ ਦੇ ਹੁਕਮ ਜਾਰੀ
ਗੈਰ-ਸਰਕਾਰੀ ਰਿਪੋਰਟਾਂ ਮੁਤਾਬਕ ਇਹ ਸਾਰੀ ਕਾਰਵਾਈ ਇੱਕ ਆਈਏਐੱਸ ਅਧਿਕਾਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਅੱਗੇ ਵਧੀ ਹੈ। ਕਿਹਾ ਜਾ ਰਿਹਾ ਹੈ ਕਿ ਸ਼ਿਕਾਇਤ ਵਿੱਚ ਟੈਂਡਰ ਪ੍ਰਕਿਰਿਆ ਦੌਰਾਨ ਵਿਜੀਲੈਂਸ ਵਿਭਾਗ ਦੇ ਕੁਝ ਅਧਿਕਾਰੀਆਂ ਦੀ ਭੂਮਿਕਾ ‘ਤੇ ਸਵਾਲ ਚੁੱਕੇ ਗਏ ਸਨ, ਜਿਸ ਤੋਂ ਬਾਅਦ ਸਰਕਾਰ ਨੇ ਤੁਰੰਤ ਜਾਂਚ ਦੇ ਹੁਕਮ ਜਾਰੀ ਕੀਤੇ।
ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਇਸ ਸਬੰਧੀ ਜਦੋਂ ਐੱਸਐੱਸਪੀ ਲਖਬੀਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਮੁਅੱਤਲੀ ਬਾਰੇ ਜਾਣਕਾਰੀ ਮਿਲੀ ਹੈ, ਪਰ ਇਸ ਫੈਸਲੇ ਦੇ ਪਿੱਛੇ ਦੇ ਅਸਲ ਕਾਰਨਾਂ ਬਾਰੇ ਉਹਨਾਂ ਨੂੰ ਕੋਈ ਸਪਸ਼ਟ ਜਾਣਕਾਰੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਈ ਅਧਿਕਾਰਤ ਲਿਖਤੀ ਹੁਕਮ ਪ੍ਰਾਪਤ ਨਹੀਂ ਹੋਏ ਹਨ। ਇਸ ਕਾਰਨ ਉਹ ਇਸ ਮਾਮਲੇ ‘ਤੇ ਖੁੱਲ੍ਹ ਕੇ ਕੁਝ ਕਹਿਣ ਦੀ ਸਥਿਤੀ ਵਿੱਚ ਨਹੀਂ ਹਨ।

ਵਿਸਥਾਰਪੂਰਕ ਜਾਂਚ ਕੀਤੀ ਜਾਵੇਗੀ
ਦੂਜੇ ਪਾਸੇ, ਸਰਕਾਰੀ ਹਲਕਿਆਂ ਵਿੱਚ ਚਰਚਾ ਹੈ ਕਿ ਮੁਅੱਤਲੀ ਤੋਂ ਬਾਅਦ ਮਾਮਲੇ ਦੀ ਵਿਸਥਾਰਪੂਰਕ ਜਾਂਚ ਕੀਤੀ ਜਾਵੇਗੀ ਅਤੇ ਜੇ ਦੋਸ਼ ਸਾਬਤ ਹੁੰਦੇ ਹਨ ਤਾਂ ਹੋਰ ਸਖ਼ਤ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਸਰਕਾਰ ਦਾ ਕਹਿਣਾ ਹੈ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ਉਸ ਦੀ ਨੀਤੀ ਬਿਲਕੁਲ ਸਪਸ਼ਟ ਹੈ ਅਤੇ ਕਿਸੇ ਵੀ ਪੱਧਰ ‘ਤੇ ਗ਼ਲਤ ਕੰਮ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਘਟਨਾ ਤੋਂ ਬਾਅਦ ਅੰਮ੍ਰਿਤਸਰ ਦੇ ਪ੍ਰਸ਼ਾਸਕੀ ਅਤੇ ਰਾਜਨੀਤਕ ਹਲਕਿਆਂ ਵਿੱਚ ਹਲਚਲ ਮਚੀ ਹੋਈ ਹੈ ਅਤੇ ਲੋਕ ਹੁਣ ਜਾਂਚ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਹਨ।