ਪੰਜਾਬੀ ਬਾਣੀ, 9ਜੁਲਾਈ2025। Bus Strike: ਤੁਹਾਨੂੰ ਦੱਸ ਦੇਈਏ ਕਿ ਸਾਰੇ ਪੰਜਾਬ (Punjab) ਦੇ ਠੇਕਾ ਮੁਲਾਜ਼ਮਾਂ ਵੱਲੋਂ 9, 10 ਤੇ 11 ਜੁਲਾਈ ਨੂੰ ਹੜਤਾਤ ਕਰਨ ਦਾ ਐਲਾਨ ਕੀਤਾ ਗਿਆ ਸੀ। ਅੱਜ ਪੰਜਾਬ ਰੋਡਵੇਜ਼ ,ਪਨਬਸ ਅਤੇ ਪੀਆਰਟੀਸੀ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 11 ਜੁਲਾਈ ਤੱਕ ਸਰਕਾਰ ਵਿਰੁੱਧ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਰੋਸ ਪ੍ਰਦਰਸ਼ਨ
ਜਿਸਦੇ ਚਲਦਿਆਂ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੁਲਾਜ਼ਮਾਂ ਨੇ ਆਪਣੀਆਂ ਬੱਸਾਂ ਬੰਦ ਕਰਕੇ ਬਠਿੰਡਾ ਬੱਸ ਸਟੈਂਡ ‘ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਪੰਜਾਬ ਰੋਡਵੇਜ਼ , ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤਿੰਨ ਦਿਨਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇਕਿਹਾ ਕਿ ਪੰਜਾਬ ਸਰਕਾਰ ਦੇ ਵਲੋਂ ਜੋ ਵਾਅਦਾ ਕੀਤੇ ਗਏ ਸੀ ਉਹ ਪੂਰੇ ਨਹੀਂ ਕੀਤੇ ਗਏ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਸੱਤਾ ਵਿੱਚ ਨਹੀਂ ਸੀ, ਉਸ ਸਮੇਂ ਵੱਡੇ-ਵੱਡੇ ਬਿਆਨ ਦਿੰਦੀ ਸੀ ਕਿ ਠੇਕੇਦਾਰਾਂ ਦੇ ਹੱਥ ਮੌਜੂਦਾ ਸਰਕਾਰਾਂ ਨਾਲ ਜੁੜਦੇ ਹਨ ਤੇ ਪੰਜਾਬ ਦੇ ਨੌਜਵਾਨਾਂ ਦਾ ਸ਼ੋਸਣ ਕਰ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੇ ਸਾਰ ਹੀ ਠੇਕੇਦਾਰੀ ਸਿਸਟਮ ਨੂੰ ਖਤਮ ਕਰ ਦੇਵਾਂਗੇ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅੱਜ ਸਰਕਾਰ ਬਣੀ ਨੂੰ 3 ਸਾਲ ਤੋਂ ਵੀ ਉਪਰ ਦਾ ਸਮਾਂ ਹੋ ਗਿਆ ਹੈ ਪ੍ਰੰਤੂ ਇੱਕ ਵੀ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ ,ਠੇਕੇਦਾਰੀ ਸਿਸਟਮ ਜਿਉਂ ਦੀ ਤਿਉਂ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਆਪਣੀਆਂ ਮੰਗਾਂ ਸਬੰਧੀ ਕਈ ਵਾਰ ਮੀਟਿੰਗਾਂ ਕਰ ਚੁੱਕੇ ਹਨ ਪਰ ਉਹਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਕੋਈ ਕਦਮ ਨਹੀਂ ਚੁੱਕੇ ਜਾ ਰਹੇ। ਆਗੂਆਂ ਨੇ ਦੱਸਿਆ ਕਿ 27 ਡੀਪੂਆਂ ਦੇ ਕਰੀਬ 800 ਮੁਲਾਜ਼ਮ ਅੱਜ ਹੜਤਾਲ ‘ਤੇ ਹਨ ਅਤੇ ਚੱਕਾ ਜਾਮ ਕਰਕੇ ਰੋਸ਼ ਪ੍ਰਦਰਸ਼ਨ ਕਰ ਰਹੇ ਹਨ।
ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ
ਉਹਨਾਂ ਦੱਸਿਆ ਕਿ ਅੱਜ ਭਾਰਤ ਬੰਦ ਦੇ ਸੱਦੇ ਦਾ ਵੀ ਉਹਨਾਂ ਵੱਲੋਂ ਸਮਰਥਨ ਕੀਤਾ ਗਿਆ ਹੈ ਅਤੇ ਕੱਲ 10 ਜੁਲਾਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ 11 ਜੁਲਾਈ ਨੂੰ ਗੁਪਤ ਐਕਸ਼ਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਸਰਕਾਰ ਉਹਨਾਂ ਦੀਆਂ ਮੰਗਾਂ ਅਜੇ ਵੀ ਪੂਰੀਆਂ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ‘ਚ ਸੰਘਰਸ਼ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO
ਉਧਰ ਦੂਜੇ ਪਾਸੇ ਪਨਬਸ, ਪੀਆਰਟੀਸੀ ਕੰਟਰੈਕਟਰ ਵਰਕਰਾਂ ਦੀ ਹੜਤਾਲ ਕਾਰਨ ਸਵਾਰੀਆਂ ਅਤੇ ਖਾਸ ਕਰਕੇ ਔਰਤਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਔਰਤਾਂ ਨੇ ਪੰਜਾਬ ਸਰਕਾਰ ‘ਤੇ ਗੁੱਸੇ ਨਾਲ਼ ਕਿਹਾ ਕਿ ਪੰਜਾਬ ਸਰਕਾਰ ਨੂੰ ਇਹਨਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਔਰਤਾਂ ਨੂੰ 1100 ਦੇਣ ਦਾ ਵਾਅਦਾ ਕੀਤਾ ਸੀ ਪਰ ਉਹ ਅਜੇ ਤੱਕ ਨਹੀਂ ਦਿੱਤਾ । ਔਰਤਾਂ ਪੰਜਾਬ ਸਰਕਾਰ ਅਤੇ ਭਗਵੰਤ ਮਾਨ ‘ਤੇ ਭੜਕਦੀਆਂ ਹੋਈਆਂ ਨਜ਼ਰ ਆਈਆਂ ਹਨ।
ਆਪਰੇਟਰਾਂ ਦੀ ਮੰਗ
ਦੱਸ ਦੇਈਏ ਕਿ ਮੰਗਲਵਾਰ ਰਾਤ 12 ਵਜੇ ਤੋਂ ਪਹਿਲਾਂ ਹੀ ਬੱਸਾਂ ਦੀ ਆਵਾਜਾਈ ਘੱਟ ਗਈ ਸੀ, ਕਿਉਂਕਿ ਸ਼ਾਮ ਤੋਂ ਹੀ ਲੰਬੀ ਦੂਰੀ ਦੀਆਂ ਬੱਸਾਂ ਬੰਦ ਕਰ ਦਿੱਤੀਆਂ ਗਈਆਂ ਸਨ। ਹੜਤਾਲ ਕਾਰਨ ਪ੍ਰਾਈਵੇਟ ਬੱਸ ਆਪਰੇਟਰਾਂ ਦੀ ਮੰਗ ਵਧ ਗਈ ਹੈ ਅਤੇ ਯਾਤਰੀਆਂ ਨੂੰ ਹਰਿਆਣਾ ਰੋਡਵੇਜ਼ ਅਤੇ ਹਿਮਾਚਲ ਬੱਸਾਂ ‘ਤੇ ਨਿਰਭਰ ਕਰਨਾ ਪੈ ਰਿਹਾ ਹੈ। ਕਾਊਂਟਰਾਂ ‘ਤੇ ਬੱਸਾਂ ਘੱਟ ਹੋਣ ਕਾਰਨ ਯਾਤਰੀਆਂ ਨੂੰ ਲੰਮਾ ਸਮਾਂ ਇੰਤਜ਼ਾਰ ਕਰਨਾ ਪੈ ਰਿਹਾ ਹੈ।