ਪੰਜਾਬੀ ਬਾਣੀ, 19 ਜੁਲਾਈ 2025। Punjab News: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਨਿਆਇਕ ਹਿਰਾਸਤ ਸ਼ਨਿਚਰਵਾਰ ਨੂੰ ਖ਼ਤਮ ਹੋ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ ਗਿਆ।
ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ 2 ਅਗਸਤ ਤਕ ਵਧਾ ਦਿੱਤੀ ਹੈ। ਇਸ ਦੌਰਾਨ, ਮਜੀਠੀਆ ਖਿਲਾਫ਼ ਐਸਆਈਟੀ ਅਤੇ ਵਿਜੀਲੈਂਸ ਵਿਭਾਗ ਦੀ ਸਾਂਝੀ ਕਾਰਵਾਈ ਤਹਿਤ ਸ਼ੁੱਕਰਵਾਰ ਨੂੰ ਚੰਡੀਗੜ੍ਹ ਅਤੇ ਦਿੱਲੀ ਸਥਿਤ ਉਨ੍ਹਾਂ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।ਚੰਡੀਗੜ੍ਹ ਤੋਂ ਇਲਾਵਾ ਦਿੱਲੀ ਦੇ ਸੈਨਿਕ ਫਾਰਮ ਵਿੱਚ ਵੀ ਵਿਜੀਲੈਂਸ ਦੀ ਟੀਮ ਨੇ ਛਾਪਾ ਮਾਰਿਆ, ਜਿਸ ਨੂੰ ਮਜੀਠੀਆ ਦੀ ਕਥਿਤ ਬੇਨਾਮੀ ਜਾਇਦਾਦ ਦੱਸਿਆ ਜਾ ਰਿਹਾ ਹੈ।

ਇਸ ਜਾਇਦਾਦ ਦੀ ਅਨੁਮਾਨਿਤ ਕੀਮਤ 150 ਤੋਂ 200 ਕਰੋੜ ਰੁਪਏ ਦੱਸੀ ਜਾ ਰਹੀ ਹੈ। ਛਾਪੇਮਮਾਰੀ ਦੌਰਾਨ ਤਕਨੀਕੀ ਟੀਮ ਵੀ ਸਬੂਤ ਇਕੱਠੇ ਕਰਨ ਵਿੱਚ ਜੁਟੀ ਰਹੀ। ਮਜੀਠੀਆ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਜੁੜੀਆਂ ਸ਼ੈੱਲ ਕੰਪਨੀਆਂ ਦੀ ਵੀ ਜਾਂਚ ਹੋ ਰਹੀ ਹੈ, ਜਿਨ੍ਹਾਂ ਰਾਹੀਂ ਕਥਿਤ ਤੌਰ ‘ਤੇ ਡਰੱਗਜ਼ ਮਨੀ ਨੂੰ ਘੁਮਾਇਆ ਗਿਆ। ਇਹ ਕਾਰਵਾਈ ਗਵਾਹਾਂ ਦੇ ਬਿਆਨਾਂ ‘ਤੇ ਅਧਾਰਤ ਹੈ।
ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਦੂਜੇ ਪਾਸੇ, ਮਜੀਠੀਆ ਨੂੰ ਲੈ ਕੇ ਪੁਲਿਸ ਦਾ ਕਾਫ਼ਲਾ ਜਦੋਂ ਅਦਾਲਤ ਪਹੁੰਚਿਆ, ਤਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸੰਭਾਵਿਤ ਪ੍ਰਦਰਸ਼ਨ ਦੀ ਸੰਭਾਵਨਾ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਮੋਹਾਲੀ ਦੇ ਜ਼ਿਲ੍ਹਾ ਅਕਾਲੀ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਨਿਵਾਸ ਅਤੇ ਦਫ਼ਤਰ ‘ਤੇ ਛਾਪੇਮਾਰੀ
ਜ਼ਿਕਰਯੋਗ ਹੈ ਕਿ ਮਜੀਠੀਆ ਨੂੰ 26 ਜੂਨ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ 6 ਜੁਲਾਈ ਤੋਂ ਉਹ ਨਿਊ ਨਾਭਾ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਸਨ। ਇਸ ਦੌਰਾਨ ਵਿਜੀਲੈਂਸ ਟੀਮਾਂ ਨੇ ਦੋ ਵਾਰ ਅੰਮ੍ਰਿਤਸਰ ਅਤੇ ਮਜੀਠਾ ਸਥਿਤ ਉਨ੍ਹਾਂ ਦੇ ਨਿਵਾਸ ਅਤੇ ਦਫ਼ਤਰ ‘ਤੇ ਛਾਪੇਮਾਰੀ ਕੀਤੀ ਹੈ। ਅੱਜ ਦੀ ਸੁਣਵਾਈ ਵਿੱਚ ਇਨ੍ਹਾਂ ਛਾਪਿਆਂ ਦੌਰਾਨ ਮਿਲੀ ਰਿਕਵਰੀ ਦੀ ਜਾਣਕਾਰੀ ਅਦਾਲਤ ਨੂੰ ਦਿੱਤੀ ਜਾ ਸਕਦੀ ਹੈ।